Tuesday, March 1, 2011

ਗੀਤ - ਮਾਂ ਧਰਤੀਏ! ਤੇਰੀ ਗੋਦ ਨੂੰ

ਮਾਂ ਧਰਤੀਏ! ਤੇਰੀ ਗੋਦ ਨੂੰ ਚੰਨ ਹੋਰ ਬਥੇਰੇ
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ।

 
ਜਿੱਥੇ ਤੰਗ ਨਾ ਸਮਝਣ ਤੰਗੀਆਂ ਨੂੰ
ਜਿੱਥੇ ਮਿਲਣ ਅੰਗੂਠੇ ਸੰਘਿਆਂ ਨੂੰ
ਜਿੱਥੇ ਵਾਲ ਤਰਸਦੇ ਕੰਘੀਆਂ ਨੂੰ
ਨੱਕ ਵਗਦੇ, ਅੱਖਾਂ ਚੁੰਨੀਆਂ ਤੇ ਦੰਡ ਕਰ੍ਹੇੜੇ
ਤੂੰ ਮਘਦਾ
ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ।

ਜਿੱਥੇ ਰੂਹ ਬਣਗੀ ਇੱਕ ਹਾਵਾ ਹੈ
ਜਿੱਥੇ ਜਿੰਦਗੀ ਇੱਕ ਪਛਤਾਵਾ ਹੈ
ਜਿੱਥੇ ਕੈਦ ਅਣਖ ਦਾ ਲਾਵਾ ਹੈ
ਜਿੱਥੇ ਅਕਲ ਮਸੋਸੀ ਮੁੜ ਪਈ ਖਾ ਰੋਜ਼ ਥਪੇੜੇ
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ।

ਜਿੱਥੇ ਲੋਕ ਬੜੇ ਮਜਬੂਰ ਜਿਹੇ
ਦਿੱਲੀ ਦੇ ਦਿਲ ਤੋਂ ਦੂਰ ਜਿਹੇ
ਜਿੱਥੇ ਭੁਖਾਂ ਵਿਚ ਮਸ਼ਹੂਰ ਜਿਹੇ
ਜਿੱਥੇ ਮਰ ਕੇ ਚੰਬਲ ਜਾਂਵਦੇ ਹਨ ਭੂਤ ਜਠੇਰੇ
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ।

ਜਿੱਥੇ ਬੰਦਾ ਜੰਮਦਾ ਸੀਰੀ ਹੈ
ਟਕਿਆਂ ਦੀ ਮੀਰੀ ਪੀਰੀ ਹੈ
ਜਿੱਥੇ ਕਰਜੇ ਹੇਠ ਪੰਜੀਰੀ ਹੈ
ਬਾਪੂ ਦੇ ਕਰਜ਼ ਦਾ ਸੂਦ ਨੇ ਪੁੱਤ ਜੰਮਦੇ ਜੇਹੜੇ
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ।

ਜੇ ਸੋਕਾ ਇਹ ਹੀ ਸੜਦੇ ਨੇ
ਜੋ ਦੋਬਾ ਇਹ ਹੀ ਮਰਦੇ ਨੇ
ਸਭ ਕਹਿਰ ਇਨ੍ਹਾਂ ਸਿਰ ਵਰ੍ਹਦੇ ਨੇ
ਜਿਥੇ ਫਸਲਾਂ ਨੇ ਛੱਡ ਜਾਂਦੀਆਂ ਅਰਮਾਨ ਤ੍ਰੇੜੇ
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ।

ਜਿੱਥੇ ਹਰ ਮੰਨ ਲਈ ਚਾਵਾਂ ਨੇ
ਜਿੱਥੇ ਕੂੰਜ ਘੇਰ ਲਈ ਕਾਵਾਂ ਨੇ
ਜਿੱਥੇ ਅਨ੍ਵਿਆਹਿਆਂ ਹੀ ਮਾਵਾਂ ਨੇ
ਜਿੱਥੇ ਧੀਆਂ ਹੌਕੇ ਲੈਂਦੀਆਂ ਅਸਮਾਨ ਜਡੇਰੇ
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ।

ਜਿੱਥੇ ਰੋਟੀ ਵਿਚ ਮਨ ਘੁੱਟਿਆ ਹੈ
ਜਿੱਥੇ ਨ੍ਹੇਰਾ ਦੱਬ ਕੇ ਜੁੱਟਿਆ ਹੈ
ਜਿੱਥੇ ਗ਼ੈਰਤ ਦਾ ਤਗ ਟੁਟਿਆ ਹੈ
ਜਿੱਥੇ ਆ ਕੇ ਵੋਟਾਂ ਵਾਲਿਆਂ ਟਟਵੈਰ ਸਹੇੜੇ
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ।

ਤੂੰ ਆਪਣਾ ਆਪ ਮਚਾਂਦਾ ਹੈ
ਪਰ ਆਪਾ ਹੀ ਰੁਸ਼ਨਾਂਦਾ ਹੈ
ਕਿਓਂ ਕੰਮੀਆਂ ਤੋਂ ਸ਼ਰਮਾਂਦਾ ਹੈ
ਇਹ ਸਦਾ ਸਦਾ ਨਾ ਰਹਿਣਗੇ ਮੰਦਹਾਲ ਮਰੇੜੇ
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵਿਹੜੇ।


No comments:

Post a Comment